ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 19 ਜੁਲਾਈ (ਨਿੱਜੀ ਪੱਤਰ ਪ੍ਰੇਰਕ ) ਮੱਤੇਵਾੜਾ ਜੰਗਲ ਦਾ ਇਕ ਵੀ ਰੁੱਖ ਨਹੀਂ ਪੁੱਟਿਆ ਜਾਵੇਗਾ ਅਤੇ ਨਾ ਹੀ ਉਦਯੋਗਿਕ ਪਾਰਕ ਦੇ ਵਿਕਾਸ ਲਈ ਸਰਕਾਰ ਵੱਲੋਂ ਜੰਗਲ ਦੀ ਇਕ ਇੰਚ ਵੀ ਜ਼ਮੀਨ ਲਈ ਜਾਵੇਗੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੱਤੇਵਾੜਾ ਜੰਗਲ ਦੇ ਉਜਾੜੇ ਬਾਰੇ ਸਾਹਮਣੇ ਆ ਰਹੀਆਂ ਰਿਪੋਰਟਾਂ ਨੂੰ ਰੱਦ ਕਰਦਿਆਂ ਐਲਾਨ ਕੀਤਾ । ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ ਅਗਲੀ ਲੜੀ ਦੌਰਾਨ ਫੇਸਬੁੱਕ ਲਾਈਵ ਜ਼ਰੀਏ ਮੁੱਖ ਮੰਤਰੀ ਨੇ ਕਿਹਾ ਕਿ ਮੱਤੇਵਾੜਾ ਜੰਗਲ ਨੂੰ ਉਜਾੜਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਬਾਗਬਾਨੀ ਵਿਭਾਗ ,ਪਸ਼ੂ ਪਾਲਣ ਵਿਭਾਗ, ਅਤੇ ਗ੍ਰਾਮ ਪੰਚਾਇਤ ਦੀ 955 ਏਕੜ ਜ਼ਮੀਨ ਲਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਵੀ ਸਰਹੱਦ ਰਾਹੀਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਹਰੇਕ ਵਿਅਕਤੀ ਦੀ ਸਖ਼ਤੀ ਨਾਲ ਜਾਂਚ ਕੀਤੀ ਜਾਵੇਗੀ। ਲੁਧਿਆਣਾ ਦੇ ਰਵਿੰਦਰ ਬੱਗਾ ਨੇ ਚਿੰਤਾ ਪ੍ਰਗਟਾਈ ਕਿ ਮਜ਼ਦੂਰਾਂ ਨੂੰ ਟਰੱਕਾਂ ਰਾਹੀਂ ਲਿਆਂਦਾ ਜਾ ਰਿਹਾ ਅਤੇ ਸ਼ੰਭੂ ਬਾਰਡਰ ’ਤੇ ਛੱਡ ਦਿੱਤਾ ਜਾਂਦਾ ਹੈ ਜਿੱਥੋਂ ਉਹ ਪੈਦਲ ਸੂਬੇ ਵਿੱਚ ਪ੍ਰਵੇਸ਼ ਕਰ ਰਹੇ ਹਨ। ਕੈਪਟਨ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਭਾਰਤ ਸਰਕਾਰ ਦੇ ਤਾਜ਼ਾ ਨੇਮਾਂ ਮੁਤਾਬਕਾਂ ਆਧੁਨਿਕ ਕਾਮਨ ਐਫਲੂਐਂਟ ਟਰੀਟਮੈਂਟ ਪਲਾਂਟ ਸਥਾਪਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉਦਯੋਗਿਕ ਪਾਰਕ ਨੂੰ ਵਿਕਸਤ ਕਰਨ ਦਾ ਉਦੇਸ਼ ਆਲ੍ਹਾ ਦਰਜੇ ਦਾ ਇੰਡਸਟਰੀਅਲ ਅਸਟੇਟ ਬਣਾਉਣਾ ਹੈ ਜਿੱਥੇ ਲੁਧਿਆਣਾ ਅਤੇ ਆਸ-ਪਾਸ ਇਲਾਕਿਆਂ ਦੇ ਲੋਕਾਂ ਨੂੰ ਵਧੀਆ ਨੌਕਰੀਆਂ ਮਿਲ ਸਕਦੀਆਂ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਅਨੰਦਪੁਰ ਸਾਹਿਬ ਤੋਂ ਅਮਰਜੀਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਐਤਵਾਰ ਨੂੰ ਹੁਣ ਕਰਫਿਊ ਲਾਗੂ ਨਹੀਂ ਕੀਤਾ ਜਾ ਰਿਹਾ ਕਿਉਂਕਿ ਬਹੁਤ ਲੋਕਾਂ ਨੂੰ ਕੰਮ ਲਈ ਘਰੋਂ ਬਾਹਰ ਨਿਕਲਣ ਦੀ ਲੋੜ ਹੁੰਦੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ਵੱਲੋਂ ਹੁਣ ਤੱਕ ਵਸੂਲੇ ਜਾ ਰਹੇ ਖਰਚੇ ਬਹੁਤ ਜ਼ਿਆਦਾ ਸਨ ਜਿਸ ਕਰਕੇ ਬਹੁਤ ਬੀਮਾਰ ਮਰੀਜ਼ਾਂ ਲਈ ਪ੍ਰਤੀ ਦਿਨ 18,000 ਰੁਪਏ ਦੀ ਸੀਮਾ ਮਿੱਥੀ ਗਈ ਹੈ। ਜ਼ਮੀਨ ਹੇਠਲੇ ਪਾਣੀ ਦੀ ਚਿੰਤਾਜਨਕ ਸਥਿਤੀ ਬਾਰੇ ਪਾਤੜਾਂ ਦੇ ਰਾਜਿੰਦਰ ਸਿੰਘ ਵੱਲੋਂ ਪੁੱਛੇ ਜਾਣ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਮਸਲੇ ਨੂੰ ਘੋਖਣ ਅਤੇ ਇਸ ਦੇ ਹੱਲ ਲਈ ਇਕ ਇਜ਼ਰਾਇਲੀ ਕੰਪਨੀ ਨਿਯੁਕਤ ਕੀਤੀ ਗਈ ਹੈ।
ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਨਸਾ ਦੀ ਗੁਰਪ੍ਰੀਤ ਕੌਰ, ਜਿਸ ਨੇ 10 ਸਾਲਾਂ ਦੀ ਉਮਰ ਵਿੱਚ ਅਤਿਵਾਦੀ ਹਮਲੇ ਵਿੱਚ ਆਪਣੇ ਪਿਤਾ ਗੁਆਏ ਸਨ, ਨੂੰ ਇਸ ਸਬੰਧੀ ਘੋਖ ਕਰਨ ਦਾ ਭਰੋਸਾ ਦਿੱਤਾ ਕਿ ਨੌਕਰੀ ਸਬੰਧੀ ਨੀਤੀ ਤਹਿਤ ਯੋਗਤਾ ਪੂਰੀ ਕਰਨ ਦੇ ਬਾਵਜੂਦ ਉਸ ਨੂੰ ਨੌਕਰੀ ਕਿਉਂ ਨਹੀਂ ਮਿਲ ਸਕੀ।
ਫਰੀਦਕੋਟ ਦੇ ਗਗਨਦੀਪ ਸਿੰਘ ਵੱਲੋਂ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵੱਲੋਂ ਬਰਗਾੜੀ ਮਾਮਲੇ ਬਾਰੇ ਜਾਂਚ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਾਂਚ ਜਲਦੀ ਮੁਕੰਮਲ ਹੋ ਜਾਵੇਗੀ। ਪਿਛਲੀ ਸਰਕਾਰ ਮੌਕੇ ਦਰਜ ਹੋਏ ਝੂਠੇ ਕੇਸਾਂ ਬਾਰੇ ਇਕ ਸਵਾਲ ਦੇ ਜਵਾਬ ਵਿੱਚ ਅਮਰਿੰਦਰ ਸਿੰਘ ਨੇ ਕਿਹਾ ਕਿ ਜਸਟਿਸ ਮਹਿਤਾਬ ਸਿੰਘ ਕਮਿਸ਼ਨ ਵੱਲੋਂ ਅਜਿਹੇ ਕੇਸਾਂ ਨੂੰ ਵੇਖਿਆ ਜਾ ਰਿਹਾ ਹੈ ਅਤੇ ਜ਼ਰੂਰੀ ਕਾਰਵਾਈ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਵੱਲੋਂ ਲੁਧਿਆਣਾ ਵਾਸੀ ਪਰਮਜੀਤ ਕੌਰ ਨੂੰ ਦੱਸਿਆ ਗਿਆ ਕਿ ਕੇਂਦਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਕਾਰਨ ਪ੍ਰਾਈਵੇਟ ਬੱਸਾਂ ਚਲਾਉਣਾ ਲਾਭਦਾਇਕ ਨਾ ਰਹਿਣ ਕਾਰਨ ਬੱਸਾਂ ਵਿੱਚ ਸਵਾਰੀਆਂ ਦੀ ਗਿਣਤੀ ’ਤੇ ਬੰਦਿਸ਼ ਹਟਾਉਣ ਦਾ ਸੂਬਾ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਸੀ।
ਕਰੋਨਾ ਬਾਰੇ ਜਾਗਰੂਕਤਾ ਲਈ ਚਲਾਈ ਗਈ ‘ਮਿਸ਼ਨ ਯੋਧੇ’ ਮੁਹਿੰਮ ਨੂੰ ਮੁੱਖ ਮੰਤਰੀ ਨੇ ਹੋਰ ਦੋ ਮਹੀਨੇ ਲਈ ਵਧਾਉਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ‘ਮਿਸ਼ਨ ਫਤਹਿ’ ਤਹਿਤ 15 ਜੂਨ ਤੋਂ 15 ਜੁਲਾਈ ਤੱਕ ਮਹੀਨਾ ਭਰ ਚੱਲੇ ਮੁਕਾਬਲੇ ਦੇ 7 ਜੇਤੂਆਂ ਨੂੰ ਵੀ ਵਧਾਈ ਦਿੱਤੀ।